ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥ ੧ ॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਵਿਆਖਿਆ :- ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। 31-07-24, ਅੰਗ:-709

                                    
