ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ-ਸ੍ਰੀਨਗਰ ਕੌਮੀ ਮਾਰਗ ਅੱਜ ਭਾਰੀ ਮੀਂਹ ਪੈਣ ਕਾਰਨ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਰਾਮਬਨ ਜ਼ਿਲ੍ਹੇ ਵਿੱਚ ਭਾਰੀ ਮੀਂਹ ਦੇ ਚੱਲਦਿਆਂ ਢਿੱਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਮਾਰਗ ਨੂੰ ਆਵਾਜਾਈ ਲਈ ਬੰਦ ਕਰਨਾ ਪਿਆ ਹੈ। ਲੋਕਾਂ ਨੂੰ ਮੌਸਮ ਵਿੱਚ ਸੁਧਾਰ ਹੋਣ ਤੱਕ ਹਾਈਵੇਅ ’ਤੇ ਸਫ਼ਰ ਕਰਨ ਤੋਂ ਬਚਣ ਲਈ ਕਿਹਾ ਗਿਆ ਹੈ।
ਉਧਰ ਦੂਜੇ ਪਾਸੇ ਉਤਰ ਭਾਰਤ ਵਿਚ ਫਿਰ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਇਸਦੇ ਚੱਲਦਿਆਂ ਮੌਸਮ ਵਿਭਾਗ ਵਲੋਂ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮਿ੍ਰਤਸਰ, ਤਰਨਤਾਰਨ ਅਤੇ ਹੁਸ਼ਿਆਰਪੁਰ ਸਣੇ 17 ਜ਼ਿਲ੍ਹਿਆਂ ਵਿਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਚੱਲਦਿਆਂ ਅੱਜ ਵੀ ਪੰਜਾਬ ਦੇ ਕੁਝ ਇਲਾਕਿਆਂ ਵਿਚ ਰੁਕ-ਰੁਕ ਕੇ ਮੀਂਹ ਪਿਆ ਹੈ ਅਤੇ ਤੇਜ਼ ਹਵਾਵਾਂ ਵੀ ਚੱਲੀਆਂ ਹਨ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੰਜਾਬ ਦੇ ਕੁਝ ਹਿੱਸਿਆਂ ਵਿਚ ਗੜ੍ਹੇਮਾਰੀ ਵੀ ਹੋ ਸਕਦੀ ਹੈ।