ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਦੇ ਰਵੱਈਏ ਦੀ ਕੀਤੀ ਨਿਖੇਧੀ
ਚੰਡੀਗੜ੍ਹ/ਬਿਊਰੋ ਨਿਊਜ਼ :ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਦੂਜਾ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ ਹੈ। ਇਸ ਹੰਗਾਮੇ ਦੌਰਾਨ ਕਾਂਗਰਸ ਪਾਰਟੀ ਦੇ ਵਿਧਾਇਕ ਸਦਨ ਵਿਚੋਂ ਵਾਕਆਊਟ ਕਰ ਗਏ। ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਰਵੱਈਏ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਪੀਕਰ ਨੇ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨਾਲ ਵੀ ਬਦਸਲੂਕੀ ਕੀਤੀ ਸੀ ਤੇ ਅੱਜ ਸਾਨੂੰ ਵੀ ਬੋਲਣ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ।
ਇਹ ਵੀ ਦੱਸਣਯੋਗ ਹੈ ਕਿ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਵਾਕ ਆਊਟ ਵਿਚ ਹਿੱਸਾ ਨਹੀਂ ਲਿਆ ਅਤੇ ਉਹ ਸਦਨ ਵਿਚ ਹੀ ਬੈਠੇ ਰਹੇ। ਬਾਜਵਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਮਿਲਣ ਵਾਲੀਆਂ ਸਰਕਾਰੀ ਨੌਕਰੀਆਂ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿੰਨੇ ਵੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ਸਬੰਧੀ ਜਾਣਕਾਰੀ ਦਿੱਤੀ ਜਾਵੇ ਕਿ ਉਨ੍ਹਾਂ ਵਿਚ ਕਿੰਨੇ ਪੰਜਾਬੀ ਹਨ ਅਤੇ ਕਿੰਨੇ ਗੈਰਪੰਜਾਬੀ।