ਕਿਹਾ : ਅਕਾਲੀ ਹਿਤੈਸ਼ੀ ਅਖਵਾਉਣ ਵਾਲੇ ਭਾਜਪਾ ਦੇ ਇਸ਼ਾਰੇ ’ਤੇ ਕਰ ਰਹੇ ਨੇ ਕੰਮ
ਅੰਮਿ੍ਤਸਰ/ਬਿਊਰੋ ਨਿਊਜ਼ : ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਪਿਛਲੇ ਇਕ ਦਹਾਕੇ ਤੋਂ ਸਿੱਖ ਵਿਰੋਧੀ, ਪੰਥ ਵਿਰੋਧੀ ਤੇ ਸ੍ਰੋਮਣੀ ਅਕਾਲੀ ਦਲ ਵਿਰੋਧੀ ਸਿਆਸੀ ਆਗੂਆਂ ਤੇ ਹੋਰਨਾਂ ਲੋਕਾਂ ਵਲੋਂ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਵਲਟੋਹਾ ਨੇ ਕਿਹਾ ਕਿ ਖ਼ੁਦ ਨੂੰ ਪੰਜਾਬ ਤੇ ਕੌਮ ਹਿਤੈਸ਼ੀ ਅਖਵਾਉਣ ਵਾਲੇ ਲੋਕ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਇਸ਼ਾਰੇ ’ਤੇ ਡੇਰਾ ਸਿਰਸਾ ਅਤੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਅਕਾਲੀ ਦਲ ਵਿਰੁੱਧ ਝੂਠਾ ਪ੍ਰਾਪੇਗੰਡਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਨਿਸ਼ਾਨਾ ਸਿੱਖ ਕੌਮ ਵਿਚ ਭੰਬਲਭੂਸਾ ਪੈਦਾ ਕਰਨਾ ਅਤੇ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਡੇਰਾ ਸਿਰਸਾ ਮੁਖੀ ਮਾਮਲੇ ਵਿਚ ਕਈ ਅਹਿਮ ਖੁਲਾਸੇ ਕੀਤੇ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਦੌਰਾਨ ਜਦੋਂ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ ਤਾਂ ਉਸ ਵੇਲੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲ ਕੇ ਪੱਤਰ ਸੌਂਪ ਕੇ ਇਨ੍ਹਾਂ ਘਟਨਾਵਾਂ ਪ੍ਰਤੀ ਦੁੱਖ ਪ੍ਰਗਟ ਕੀਤਾ ਸੀ।