ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ’ਚ ਪੈਣਗੀਆਂ ਵੋਟਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ’ਚ ਜ਼ਿਮਨੀ ਚੋਣ ਲਈ ਭਲਕੇ 20 ਨਵੰਬਰ ਦਿਨ ਬੁੱਧਵਾਰ ਨੂੰ ਵੋਟਾਂ ਪੈਣਗੀਆਂ। ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਧਿਆਨ ਰਹੇ ਕਿ ਇਨ੍ਹਾਂ ਚਾਰਾਂ ਹਲਕਿਆਂ ਦੇ ਵਿਧਾਇਕਾਂ ਨੇ ਲੋਕ ਸਭਾ ਦੀ ਚੋਣ ਜਿੱਤ ਲਈ ਸੀ ਅਤੇ ਇਹ ਚਾਰ ਸੀਟਾਂ ਖਾਲੀ ਹੋ ਗਈਆਂ ਸਨ।
ਇਨ੍ਹਾਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁਕਾਬਲਾ ਹੋਣਾ ਹੈ ਅਤੇ ਸ਼ੋ੍ਮਣੀ ਅਕਾਲੀ ਦਲ ਨੇ ਇਨ੍ਹਾਂ ਚੋਣਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਨਹੀਂ ਕੀਤੇ ਹਨ। ਇਨ੍ਹਾਂ ਚਾਰੋਂ ਹਲਕਿਆਂ ਦੇ 6 ਲੱਖ 96 ਹਜ਼ਾਰ ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨਗੇ। ਇਨ੍ਹਾਂ ਹਲਕਿਆਂ ’ਚ 45 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿਚ ਮਹਿਲਾ ਉਮੀਦਵਾਰਾਂ ਦੀ ਗਿਣਤੀ ਸਿਰਫ ਦੋ ਹੈ।