ਆਖ਼ਿਰ ਕਿਉਂ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਦੀ ਰਿਹਾਈ ਬਣੀ ਪੰਜਾਬ ਕਾਂਗਰਸ ‘ਚ ਕਲੇਸ਼ ਦਾ ਕਾਰਨ, ਕੈਪਟਨ ਨੂੰ ਕਿਸਨੂੰ ਦੇਣਾ ਪਿਆ ਜਵਾਬ
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਰਿਹਾਈ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਸੈਣੀ ਦੀ ਰਿਹਾਈ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਏਜੀ ਅਤੁਲ ਨੰਦਾ ਨੂੰ ਹਟਾਉਣ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਉਨ੍ਹਾਂ ਦੇ ਬਿਆਨ ਦਾ ਜਵਾਬ ਦਿੱਤਾ ਹੈ। ਰੰਧਾਵਾ ਦੇ ਬਹਾਨੇ ਸਾਰੇ ਪਾਰਟੀ ਆਗੂਆਂ ਨੂੰ ਸਲਾਹ ਦਿੰਦਿਆਂ ਕੈਪਟਨ ਨੇ ਕਿਹਾ ਕਿ ਸੰਵੇਦਨਸ਼ੀਲ ਮੁੱਦਿਆਂ ‘ਤੇ ਪਾਰਟੀ ਮੰਚ ‘ਤੇ ਗੱਲ ਕਰੋ। ਮੈਂ ਸਾਰੇ ਕੈਬਨਿਟ ਅਤੇ ਪਾਰਟੀ ਸਹਿਕਰਮੀਆਂ ਨੂੰ ਬਿਆਨ ਜਾਰੀ ਕਰਨ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਦੀ ਸਲਾਹ ਦਿੰਦਾ ਹਾਂ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਸੈਣੀ ਨੂੰ ਤੁਰੰਤ ਪ੍ਰਭਾਵ ਨਾਲ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸੈਣੀ ਨੂੰ ਬੁੱਧਵਾਰ ਦੇਰ ਰਾਤ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਦੇ ਵਕੀਲਾਂ ਨੇ ਵੀਰਵਾਰ ਸਵੇਰੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਅਤੇ ਇਸ ਉੱਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਸੁਣਵਾਈ ਦੁਪਹਿਰ 3 ਵਜੇ ਹੋਈ। ਬਹਿਸ ਤੋਂ ਬਾਅਦ ਸੈਣੀ ਨੂੰ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ ਗਏ।